ਅਕਾਲੀ-ਭਾਜਪਾ ਗਠਜੋੜ ‘ਤੇ AAP ਦਾ ਤਿੱਖਾ ਹਮਲਾ, ਬਲਤੇਜ ਪੰਨੂ ਨੇ ਦੱਸਿਆ ‘ਠੱਗਜੋੜ’/ ਕਿਹਾ-750 ਕਿਸਾਨਾਂ ਦੀ ਮੌਤ ਬਾਦ ਟੁੱਟਿਆ ਸੀ ਗਠਜੋੜ, ਹੁਣ ਮੁੜ ਕਿਵੇਂ ਇਕੱਠੇ ਹੋਏ?

0
3
 
ਚੰਡੀਗੜ੍ਹ: ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਵਿਚਾਲੇ ਮੁੜ ਹੋਏ ਗਠਜੋੜ ਨੂੰ ਲੈ ਕੇ ਪੰਜਾਬ ਦੀ ਸਿਆਸਤ ਵਿੱਚ ਬਿਆਨਬਾਜ਼ੀ ਤੇਜ਼ ਹੋ ਗਈ ਹੈ। ਆਮ ਆਦਮੀ ਪਾਰਟੀ ਨੇ ਇਸ ਗਠਜੋੜ ਨੂੰ ਲੈ ਕੇ ਦੋਵਾਂ ਪਾਰਟੀਆਂ ‘ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। AAP ਦੇ ਸੀਨੀਅਰ ਆਗੂ ਅਤੇ ਬੁਲਾਰੇ ਬਲਤੇਜ ਪੰਨੂ ਨੇ ਪ੍ਰੈੱਸ ਕਾਨਫਰੰਸ ਕਰਦਿਆਂ ਅਕਾਲੀ-ਭਾਜਪਾ ਗਠਜੋੜ ਨੂੰ ‘ਠੱਗਜੋੜ’ ਕਰਾਰ ਦਿੱਤਾ।
ਬਲਤੇਜ ਪੰਨੂ ਨੇ ਕਿਸਾਨ ਅੰਦੋਲਨ ਦਾ ਜ਼ਿਕਰ ਕਰਦਿਆਂ ਕਿਹਾ ਕਿ ਕਿਸਾਨ ਅੰਦੋਲਨ ਦੌਰਾਨ 750 ਕਿਸਾਨਾਂ ਦੀ ਮੌਤ ਤੋਂ ਬਾਅਦ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਟੁੱਟ ਗਿਆ ਸੀ, ਪਰ ਹੁਣ ਦੋਵੇਂ ਪਾਰਟੀਆਂ ਮੁੜ ਇਕੱਠੀਆਂ ਹੋ ਗਈਆਂ ਹਨ। ਉਨ੍ਹਾਂ ਸਵਾਲ ਚੁੱਕਿਆ ਕਿ ਜਿਨ੍ਹਾਂ ਮੁੱਦਿਆਂ ਨੂੰ ਲੈ ਕੇ ਦੋਵਾਂ ਪਾਰਟੀਆਂ ਵੱਖ ਹੋਈਆਂ ਸਨ, ਕੀ ਉਹ ਮੁੱਦੇ ਹੁਣ ਖ਼ਤਮ ਹੋ ਗਏ ਹਨ?
AAP ਆਗੂ ਨੇ ਸਾਲ 2007 ਤੋਂ 2017 ਤੱਕ ਪੰਜਾਬ ਵਿੱਚ ਰਹੀ ਅਕਾਲੀ-ਭਾਜਪਾ ਸਰਕਾਰ ਦੇ ਕਾਰਜਕਾਲ ‘ਤੇ ਵੀ ਸਵਾਲ ਚੁੱਕੇ। ਉਨ੍ਹਾਂ ਦੋਸ਼ ਲਾਇਆ ਕਿ ਇਸ ਦੌਰਾਨ ਸੂਬੇ ਵਿੱਚ ਨਸ਼ਿਆਂ ਅਤੇ ਗੈਂਗਸਟਰਵਾਦ ਨੂੰ ਹੱਲਾਸ਼ੇਰੀ ਮਿਲੀ। ਇਸ ਤੋਂ ਇਲਾਵਾ ਉਨ੍ਹਾਂ ਬੇਅਦਬੀ ਅਤੇ ਰਾਮ ਮੰਦਰ ਨਾਲ ਜੁੜੇ ਮੁੱਦਿਆਂ ਨੂੰ ਲੈ ਕੇ ਵੀ ਦੋਵਾਂ ਪਾਰਟੀਆਂ ਨੂੰ ਘੇਰਿਆ। ਬਲਤੇਜ ਪੰਨੂ ਨੇ ਦਾਅਵਾ ਕੀਤਾ ਕਿ ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ‘ਤੇ ਆਪਣਾ ਪ੍ਰਭਾਵ ਅਤੇ ਕਬਜ਼ਾ ਬਰਕਰਾਰ ਰੱਖਣ ਦੇ ਮਕਸਦ ਨਾਲ ਇਹ ਗਠਜੋੜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸੇ ਕਾਰਨ ਅਕਾਲੀ-ਭਾਜਪਾ ਗਠਜੋੜ ਨੂੰ ‘ਠੱਗਜੋੜ’ ਦਾ ਨਾਮ ਦਿੱਤਾ ਗਿਆ ਹੈ।

LEAVE A REPLY

Please enter your comment!
Please enter your name here