ਭਗਵਾਨ ਵਾਲਮੀਕਿ ਤੇ ਡਾ. ਅੰਬੇਡਕਰ ਨਾਲ ਸਬੰਧਤ ਬੋਰਡ ’ਤੇ ‘ਝਾੜੂ’ ਲਗਾਉਣ ਨੂੰ ਲੈ ਕੇ ਵਿਵਾਦ/ ਜਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨ/ ਪੁਲਿਸ ਨੇ ਸੀਸੀਟੀਵੀ ਖੰਗਾਲਣ ਦਾ ਦਿੱਤਾ ਭਰੋਸਾ

0
2

ਅੰਮ੍ਰਿਤਸਰ: ਭਗਵਾਨ ਵਾਲਮੀਕਿ ਅਤੇ ਡਾ. ਬੀ.ਆਰ. ਅੰਬੇਡਕਰ ਜੀ ਨਾਲ ਸਬੰਧਤ ਬੋਰਡ ’ਤੇ ਕਥਿਤ ਤੌਰ ’ਤੇ ਆਮ ਆਦਮੀ ਪਾਰਟੀ ਦੇ ਆਗੂਆਂ ਦੀਆਂ ਤਸਵੀਰਾਂ ਅਤੇ ਪਾਰਟੀ ਦੇ ਚੋਣ ਨਿਸ਼ਾਨ ‘ਝਾੜੂ’ ਵਾਲੀ ਫਲੈਕਸ ਲਗਾਉਣ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਮਾਮਲਾ ਸਾਹਮਣੇ ਆਉਣ ਤੋਂ ਬਾਅਦ ਸੰਗਤ ਅਤੇ ਵੱਖ-ਵੱਖ ਜਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨ ਕਰਦਿਆਂ ਫਲੈਕਸ ਲਗਾਉਣ ਵਾਲਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਗਈ।

ਪ੍ਰਦਰਸ਼ਨਕਾਰੀਆਂ ਨੇ ਦੋਸ਼ ਲਾਇਆ ਕਿ ਧਾਰਮਿਕ ਅਤੇ ਸਮਾਜਿਕ ਮਹਾਨ ਸ਼ਖ਼ਸੀਅਤਾਂ ਨਾਲ ਸਬੰਧਤ ਬੋਰਡ ’ਤੇ ਕਿਸੇ ਸਿਆਸੀ ਪਾਰਟੀ ਦਾ ਚੋਣ ਨਿਸ਼ਾਨ ਜਾਂ ਆਗੂਆਂ ਦੀਆਂ ਤਸਵੀਰਾਂ ਲਗਾਉਣਾ ਲੋਕਾਂ ਦੀਆਂ ਧਾਰਮਿਕ ਅਤੇ ਸਮਾਜਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀ ਘਟਨਾ ਪਹਿਲਾਂ ਵੀ ਸਾਹਮਣੇ ਆ ਚੁੱਕੀ ਹੈ ਅਤੇ ਉਸ ਸਮੇਂ ਸਮਾਜ ਵੱਲੋਂ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਮਾਫ਼ੀ ਮੰਗਣ ਉਪਰੰਤ ਵਿਵਾਦ ਨੂੰ ਖ਼ਤਮ ਕਰ ਦਿੱਤਾ ਗਿਆ ਸੀ। ਪਰ ਮੁੜ ਅਜਿਹੀ ਘਟਨਾ ਸਾਹਮਣੇ ਆਉਣ ਕਾਰਨ ਲੋਕਾਂ ਵਿੱਚ ਨਾਰਾਜ਼ਗੀ ਵਧੀ ਹੈ।

ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਪੁਲਿਸ ਦੇ ਸੀਨੀਅਰ ਅਧਿਕਾਰੀ ਮੌਕੇ ’ਤੇ ਪਹੁੰਚੇ ਅਤੇ ਪ੍ਰਦਰਸ਼ਨਕਾਰੀਆਂ ਨਾਲ ਮੀਟਿੰਗ ਕੀਤੀ। ਪੁਲਿਸ ਅਧਿਕਾਰੀਆਂ ਨੇ ਭਰੋਸਾ ਦਿੱਤਾ ਕਿ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਫਲੈਕਸ ਲਗਾਉਣ ਵਾਲੇ ਵਿਅਕਤੀ ਦੀ ਪਛਾਣ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਕਿਹਾ ਗਿਆ ਕਿ ਵਿਅਕਤੀ ਦੀ ਪਛਾਣ ਹੋਣ ਤੋਂ ਬਾਅਦ ਮਾਮਲੇ ਵਿੱਚ ਬਣਦੀ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਸੀਨੀਅਰ ਅਧਿਕਾਰੀਆਂ ਨੇ ਕਾਰਵਾਈ ਲਈ ਸ਼ਾਮ ਤੱਕ ਦਾ ਸਮਾਂ ਮੰਗਿਆ। ਪੁਲਿਸ ਦੇ ਇਸ ਭਰੋਸੇ ਤੋਂ ਬਾਅਦ ਪ੍ਰਦਰਸ਼ਨਕਾਰੀਆਂ ਨੇ ਫਿਲਹਾਲ ਆਪਣਾ ਧਰਨਾ ਮੁਲਤਵੀ ਕਰ ਦਿੱਤਾ। ਹਾਲਾਂਕਿ ਉਨ੍ਹਾਂ ਸਪੱਸ਼ਟ ਚਿਤਾਵਨੀ ਦਿੱਤੀ ਕਿ ਜੇਕਰ ਸ਼ਾਮ ਤੱਕ ਉਨ੍ਹਾਂ ਦੀਆਂ ਮੰਗਾਂ ਅਨੁਸਾਰ ਕਾਰਵਾਈ ਨਾ ਕੀਤੀ ਗਈ ਤਾਂ ਆਉਣ ਵਾਲੇ ਦਿਨਾਂ ਵਿੱਚ ਵਿਧਾਇਕ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ।

LEAVE A REPLY

Please enter your comment!
Please enter your name here