
ਸ੍ਰੀ ਮੁਕਤਸਰ ਸਾਹਿਬ ਵਿੱਚ ਰਘੂਨਾਥ ਮੰਦਿਰ ਨੇੜੇ 70 ਸਾਲਾ ਬਜ਼ੁਰਗ ਸਬਜ਼ੀ ਵਿਕਰੇਤਾ ਤੋਂ ਕਾਪੇ ਦੀ ਨੋਕ ’ਤੇ ਪੈਸੇ ਖੋਹਣ ਦਾ ਮਾਮਲਾ ਸਾਹਮਣੇ ਆਇਆ ਹੈ। ਵਾਰਦਾਤ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਅਤੇ ਚਿੰਤਾ ਦਾ ਮਾਹੌਲ ਬਣਿਆ ਹੋਇਆ ਹੈ। ਜਾਣਕਾਰੀ ਮੁਤਾਬਕ ਖੈਰਤੀ ਲਾਲ ਨਾਮਕ ਬਜ਼ੁਰਗ ਸਬਜ਼ੀ ਵੇਚ ਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਕਰਦਾ ਹੈ। ਦੱਸਿਆ ਜਾ ਰਿਹਾ ਹੈ ਕਿ ਰਘੂਨਾਥ ਮੰਦਿਰ ਨੇੜੇ ਦੋ ਅਣਪਛਾਤੇ ਵਿਅਕਤੀਆਂ ਨੇ ਉਸ ਨੂੰ ਕਾਪੇ ਦੀ ਨੋਕ ’ਤੇ ਡਰਾ-ਧਮਕਾ ਕੇ ਉਸ ਕੋਲ ਮੌਜੂਦ ਪੈਸੇ ਖੋਹ ਲਏ ਅਤੇ ਮੌਕੇ ਤੋਂ ਫਰਾਰ ਹੋ ਗਏ।

ਵਾਰਦਾਤ ਤੋਂ ਬਾਅਦ ਬਜ਼ੁਰਗ ਨੇ ਮਾਮਲੇ ਦੀ ਜਾਣਕਾਰੀ ਦਿੱਤੀ, ਜਿਸ ਤੋਂ ਬਾਅਦ ਇਲਾਕੇ ਦੇ ਲੋਕਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ। ਲੋਕਾਂ ਦਾ ਕਹਿਣਾ ਹੈ ਕਿ ਜੇਕਰ ਦਿਨ-ਦਿਹਾੜੇ ਬਜ਼ੁਰਗ ਅਤੇ ਮਿਹਨਤਕਸ਼ ਲੋਕਾਂ ਨੂੰ ਇਸ ਤਰ੍ਹਾਂ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਤਾਂ ਆਮ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਾ ਵਧਣੀ ਸੁਭਾਵਿਕ ਹੈ। ਸਥਾਨਕ ਲੋਕਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਕੇ ਮੁਲਜ਼ਮਾਂ ਦੀ ਪਛਾਣ ਕੀਤੀ ਜਾਵੇ ਅਤੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।

