ਜਲੰਧਰ ਪੁਲਿਸ ਵੱਲੋਂ ਲੁਟੇਰਾ ਗਿਰੋਹ ਦਾ ਪਰਦਾਫਾਸ਼/ ਨਾਬਾਲਿਗ ਸਮੇਤ 3 ਮੁਲਜ਼ਮ ਗ੍ਰਿਫਤਾਰ 3 ਮੋਟਰਸਾਈਕਲ/ ਹਥਿਆਰ ਤੇ ਸਮਾਨ ਬਰਾਮਦ

0
2

ਜਲੰਧਰ ਪੁਲਿਸ ਨੇ ਹਥਿਆਰਬੰਦ ਡਕੈਤੀ ਅਤੇ ਲੁੱਟ-ਖੋਹ ਦੀਆਂ ਵਾਰਦਾਤਾਂ ਵਿੱਚ ਸ਼ਾਮਲ ਇੱਕ ਗਿਰੋਹ ਦਾ ਪਰਦਾਫਾਸ਼ ਕਰਦਿਆਂ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਮੁਲਜ਼ਮਾਂ ਵਿੱਚ ਇੱਕ ਨਾਬਾਲਗ ਵੀ ਸ਼ਾਮਲ ਹੈ। ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ਵਿੱਚੋਂ ਤਿੰਨ ਮੋਟਰਸਾਈਕਲ, ਮੋਬਾਈਲ ਫੋਨ, ਬਟੂਏ, ਵਾਰਦਾਤ ਵਿੱਚ ਵਰਤਿਆ ਹਥਿਆਰ ਅਤੇ ਹੋਰ ਸਮਾਨ ਬਰਾਮਦ ਕੀਤਾ ਹੈ।
ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਆਕਾਸ਼ਦੀਪ ਸਿੰਘ ਉਰਫ਼ ਆਕਾਸ਼, ਤੀਰਥ ਸਿੰਘ ਉਰਫ਼ ਗੋਲੀ ਅਤੇ ਇੱਕ ਨਾਬਾਲਗ ਵਜੋਂ ਹੋਈ ਹੈ। ਏਸੀਪੀ ਓਂਕਾਰ ਸਿੰਘ ਬਰਾੜ ਨੇ ਦੱਸਿਆ ਕਿ 17 ਨਵੰਬਰ 2026 ਨੂੰ ਮਨੋਜ ਕੁਮਾਰ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਹ ਕੰਮ ਤੋਂ ਬਾਅਦ ਘਰ ਵਾਪਸ ਜਾ ਰਿਹਾ ਸੀ।
ਸ਼ਿਕਾਇਤ ਮੁਤਾਬਕ ਰਾਤ ਕਰੀਬ 11:45 ਵਜੇ ਦਕੋਹਾ ਗੇਟ ਨੇੜੇ ਮੋਟਰਸਾਈਕਲਾਂ ’ਤੇ ਸਵਾਰ ਤਿੰਨ ਨੌਜਵਾਨਾਂ ਨੇ ਉਸਨੂੰ ਘੇਰ ਲਿਆ। ਮੁਲਜ਼ਮਾਂ ਨੇ ਹਥਿਆਰ ਦਿਖਾ ਕੇ ਉਸਦਾ ਪਲਸਰ ਮੋਟਰਸਾਈਕਲ, ਬੈਗ ਅਤੇ ਬਟੂਆ ਖੋਹ ਲਿਆ ਅਤੇ ਮੌਕੇ ਤੋਂ ਫਰਾਰ ਹੋ ਗਏ। ਇਸ ਸਬੰਧੀ ਥਾਣਾ ਰਾਮਾ ਮੰਡੀ ਵਿੱਚ ਮਾਮਲਾ ਦਰਜ ਕੀਤਾ ਗਿਆ ਸੀ।
ਜਾਂਚ ਦੌਰਾਨ ਪੁਲਿਸ ਨੇ 26 ਨਵੰਬਰ ਨੂੰ ਤਿੰਨਾਂ ਮੁਲਜ਼ਮਾਂ ਨੂੰ ਕਾਬੂ ਕਰ ਲਿਆ। ਉਨ੍ਹਾਂ ਦੇ ਕਬਜ਼ੇ ਵਿੱਚੋਂ ਚੋਰੀ ਕੀਤਾ ਪਲਸਰ ਅਤੇ ਡਿਸਕਵਰ ਮੋਟਰਸਾਈਕਲ, ਵਾਰਦਾਤ ਵਿੱਚ ਵਰਤਿਆ ਸਪਲੈਂਡਰ ਮੋਟਰਸਾਈਕਲ, ਹਥਿਆਰ, ਮੋਬਾਈਲ ਫੋਨ ਅਤੇ ਬਟੂਏ ਬਰਾਮਦ ਕੀਤੇ ਗਏ।
ਪੁਲਿਸ ਮੁਤਾਬਕ ਮੁਲਜ਼ਮ ਵਾਰਦਾਤਾਂ ਤੋਂ ਬਾਅਦ ਆਪਣੀ ਪਛਾਣ ਲੁਕਾਉਣ ਦੀ ਕੋਸ਼ਿਸ਼ ਕਰਦੇ ਸਨ। ਫਿਲਹਾਲ ਪੁਲਿਸ ਵੱਲੋਂ ਪੁੱਛਗਿੱਛ ਅਤੇ ਅਗਲੀ ਜਾਂਚ ਜਾਰੀ ਹੈ, ਤਾਂ ਜੋ ਪਤਾ ਲਗਾਇਆ ਜਾ ਸਕੇ ਕਿ ਇਸ ਗਿਰੋਹ ਨੇ ਜਲੰਧਰ ਸ਼ਹਿਰ ਵਿੱਚ ਹੋਰ ਕਿੰਨੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਹੈ।

LEAVE A REPLY

Please enter your comment!
Please enter your name here