ਪੰਜਾਬ ਦੀਨਾਨਗਰ ’ਚ ਵਿਕਾਸ ਗਰਾਂਟਾਂ ਨੂੰ ਲੈ ਕੇ ਸਰਪੰਚਾਂ ਦਾ ਰੋਸ/ AAP ਹਲਕਾ ਇੰਚਾਰਜ ਖ਼ਿਲਾਫ਼ ਕੱਢੀ ਭੜਾਸ/ ਕਿਹਾ, ਅੱਖੋਂ ਪਰੋਖੇ ਕਰਨ ਵਾਲਿਆਂ ਦਾ ਨਹੀਂ ਦੇਵਾਂਗੇ ਸਾਥ By admin - November 29, 2026 0 2 Facebook Twitter Pinterest WhatsApp ਗੁਰਦਾਸਪੁਰ ਦੇ ਹਲਕਾ ਦੀਨਾਨਗਰ ਵਿੱਚ ਪੰਚਾਇਤਾਂ ਨੂੰ ਮਿਲੀਆਂ ਵਿਕਾਸ ਗਰਾਂਟਾਂ ਦਾ ਮਾਮਲਾ ਭਖਦਾ ਜਾ ਰਿਹਾ ਹੈ। ਪਿੰਡ ਰੰਗੜ ਪਿੰਡੀ ਵਿੱਚ ਸਰਪੰਚ ਯੂਨੀਅਨ ਵੱਲੋਂ ਕੀਤੀ ਗਈ ਹੰਗਾਮੀ ਮੀਟਿੰਗ ਦੌਰਾਨ ਸਰਪੰਚਾਂ ਨੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਖ਼ਿਲਾਫ਼ ਖੁੱਲ੍ਹ ਕੇ ਆਪਣਾ ਰੋਸ ਜ਼ਾਹਰ ਕੀਤਾ। ਸਰਪੰਚਾਂ ਨੇ ਦੋਸ਼ ਲਾਇਆ ਕਿ ‘ਆਪ’ ਸਰਕਾਰ ਦੇ ਕਰੀਬ ਪੌਣੇ ਪੰਜ ਸਾਲ ਦੇ ਕਾਰਜਕਾਲ ਦੌਰਾਨ ਉਨ੍ਹਾਂ ਦੇ ਪਿੰਡਾਂ ਨੂੰ ਵਿਕਾਸ ਕਾਰਜਾਂ ਲਈ ਹਲਕਾ ਇੰਚਾਰਜ ਵੱਲੋਂ ਕੋਈ ਗਰਾਂਟ ਨਹੀਂ ਦਿੱਤੀ ਗਈ। ਉਨ੍ਹਾਂ ਦਾ ਦਾਅਵਾ ਹੈ ਕਿ ਇਸ ਦੇ ਉਲਟ ਕੁਝ ਚਹੇਤੇ ਪਿੰਡਾਂ ਨੂੰ 50-50 ਲੱਖ ਰੁਪਏ ਤੱਕ ਦੀਆਂ ਵਿਕਾਸ ਗਰਾਂਟਾਂ ਦਿੱਤੀਆਂ ਗਈਆਂ ਹਨ। ਸਰਪੰਚਾਂ ਨੇ ਕਿਹਾ ਕਿ ਉਨ੍ਹਾਂ ਦੀ ਆਪਣੀ ਹੋਂਦ ਅਤੇ ਸਨਮਾਨ ਹੈ ਅਤੇ ਉਹ ਪਿੰਡ ਵਾਸੀਆਂ ਪ੍ਰਤੀ ਜਵਾਬਦੇਹ ਹਨ, ਜਿਨ੍ਹਾਂ ਨੇ ਉਨ੍ਹਾਂ ਨੂੰ ਚੁਣ ਕੇ ਪਿੰਡ ਦੇ ਵਿਕਾਸ ਦੀ ਜ਼ਿੰਮੇਵਾਰੀ ਸੌਂਪੀ ਹੈ। ਉਨ੍ਹਾਂ ਕਿਹਾ ਕਿ ਪੰਚਾਇਤਾਂ ਨੂੰ ਨਜ਼ਰਅੰਦਾਜ਼ ਕਰਕੇ ਪਿੰਡਾਂ ਦਾ ਵਿਕਾਸ ਨਹੀਂ ਕੀਤਾ ਜਾ ਸਕਦਾ। ਯੂਨੀਅਨ ਆਗੂਆਂ ਨੇ ਕਿਹਾ ਕਿ ਜਥੇਬੰਦੀ ਹੁਣ ਇੰਨੀ ਮਜ਼ਬੂਤ ਹੋ ਚੁੱਕੀ ਹੈ ਕਿ ਕਿਸੇ ਵੀ ਪੰਚ, ਸਰਪੰਚ ਜਾਂ ਆਮ ਨਾਗਰਿਕ ਦੇ ਜਾਇਜ਼ ਕੰਮ ਲਈ ਸਰਕਾਰੇ-ਦਰਬਾਰੇ ਆਵਾਜ਼ ਬੁਲੰਦ ਕਰ ਸਕਦੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਸਰਪੰਚ ਯੂਨੀਅਨ ਪਾਰਟੀਬਾਜ਼ੀ ਤੋਂ ਉੱਪਰ ਹੈ ਅਤੇ ਅਕਾਲੀ ਦਲ, ਭਾਜਪਾ, ਕਾਂਗਰਸ, ਆਮ ਆਦਮੀ ਪਾਰਟੀ ਤੇ ਬਸਪਾ ਸਮੇਤ ਸਾਰੀਆਂ ਸਿਆਸੀ ਧਿਰਾਂ ਨਾਲ ਸਬੰਧਤ ਪੰਚਾਇਤੀ ਨੁਮਾਇੰਦਿਆਂ ਲਈ ਖੁੱਲ੍ਹੀ ਹੈ। ਸਰਪੰਚਾਂ ਨੇ ਚੇਤਾਵਨੀ ਦਿੱਤੀ ਕਿ ਜਿਹੜੇ ਆਗੂ ਉਨ੍ਹਾਂ ਨੂੰ ਅੱਖੋਂ-ਪਰੋਖੇ ਕਰਨਗੇ, ਉਨ੍ਹਾਂ ਦਾ ਕਿਸੇ ਵੀ ਕੀਮਤ ’ਤੇ ਸਾਥ ਨਹੀਂ ਦਿੱਤਾ ਜਾਵੇਗਾ। ਹਲਕਾ ਇੰਚਾਰਜ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਟਿਕਟ ਮਿਲਣ ਤੋਂ ਬਾਅਦ ਹੋਈ ਇਸ ਮੀਟਿੰਗ ਨੂੰ ਸਿਆਸੀ ਤੌਰ ’ਤੇ ਵੀ ਅਹਿਮ ਮੰਨਿਆ ਜਾ ਰਿਹਾ ਹੈ।