ਪੰਜਾਬ ਆਮ ਆਦਮੀ ਪਾਰਟੀ ਨੂੰ ਚੋਣਾਂ ਤੋਂ ਪਹਿਲਾਂ ਇਕ ਹੋਰ ਝਟਕਾ/ ਵਿਧਾਇਕ ਡਾ. ਚੰਨੀ ਅਕਾਲੀ ਦਲ ‘ਚ ਸ਼ਾਮਲ/ ਪਾਰਟੀ ਦਿੱਲੀ ਤੋਂ ਚੱਲਣ ਦੇ ਲਾਏ ਇਲਜ਼ਾਮ By admin - November 29, 2026 0 3 Facebook Twitter Pinterest WhatsApp ਪੰਜਾਬ ਵਿਧਾਨ ਸਭਾ ਚੋਣਾਂ 2027 ਤੋਂ ਪਹਿਲਾਂ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਿਆ ਹੈ। ਚਮਕੌਰ ਸਾਹਿਬ ਤੋਂ ‘ਆਪ’ ਦੇ ਮੌਜੂਦਾ ਵਿਧਾਇਕ ਡਾ. ਚਰਨਜੀਤ ਚੰਨੀ ਨੇ ਪਾਰਟੀ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜ ਲਿਆ ਹੈ। ਡਾ. ਚਰਨਜੀਤ ਚੰਨੀ ਨੂੰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਨਮਾਨਿਤ ਕਰਦਿਆਂ ਪਾਰਟੀ ਵਿੱਚ ਸ਼ਾਮਲ ਕਰਵਾਇਆ। ਇਸ ਮੌਕੇ ਸੁਖਬੀਰ ਬਾਦਲ ਨੇ ਉਨ੍ਹਾਂ ਨੂੰ ਪਾਰਟੀ ਵਿੱਚ ਬਣਦਾ ਮਾਣ-ਸਨਮਾਨ ਦੇਣ ਦਾ ਭਰੋਸਾ ਦਿੱਤਾ। ਪਾਰਟੀ ਬਦਲਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਡਾ. ਚੰਨੀ ਨੇ ਆਮ ਆਦਮੀ ਪਾਰਟੀ ’ਤੇ ਗੰਭੀਰ ਦੋਸ਼ ਲਗਾਏ। ਉਨ੍ਹਾਂ ਕਿਹਾ ਕਿ ਪਾਰਟੀ ਦੇ ਸਿਸਟਮ ਵਿੱਚ ਵੱਡੇ ਪੱਧਰ ’ਤੇ ਗੜਬੜੀ ਹੈ, ਜਿਸ ਕਾਰਨ ਉਹ ‘ਆਪ’ ਛੱਡਣ ਲਈ ਮਜਬੂਰ ਹੋਏ। ਉਨ੍ਹਾਂ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਦਿੱਲੀ ਤੋਂ ਚਲਾਈ ਜਾ ਰਹੀ ਹੈ। ਡਾ. ਚੰਨੀ ਨੇ ਦਾਅਵਾ ਕੀਤਾ ਕਿ ਉਹ ਪਿਛਲੇ ਇੱਕ ਸਾਲ ਤੋਂ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਲਈ ਸਮਾਂ ਮੰਗ ਰਹੇ ਸਨ, ਪਰ ਉਨ੍ਹਾਂ ਨੂੰ ਸਮਾਂ ਨਹੀਂ ਦਿੱਤਾ ਗਿਆ। ਉਨ੍ਹਾਂ 2027 ਦੀਆਂ ਚੋਣਾਂ ਨੂੰ ਲੈ ਕੇ ਵੀ ‘ਆਪ’ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪਾਰਟੀ ਨੂੰ 2017 ਜਿੰਨੀਆਂ ਸੀਟਾਂ ਵੀ ਨਹੀਂ ਮਿਲਣਗੀਆਂ। ਉਨ੍ਹਾਂ ਆਮ ਆਦਮੀ ਪਾਰਟੀ ’ਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਅੰਦਰਖਾਤੇ ਸੈਟਿੰਗ ਹੋਣ ਦੇ ਦੋਸ਼ ਵੀ ਲਗਾਏ। ਜ਼ਿਕਰਯੋਗ ਹੈ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਡਾ. ਚਰਨਜੀਤ ਚੰਨੀ ਨੇ ਚਮਕੌਰ ਸਾਹਿਬ ਹਲਕੇ ਤੋਂ ਕਾਂਗਰਸ ਦੇ ਤਤਕਾਲੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਹਰਾਇਆ ਸੀ। ਉਨ੍ਹਾਂ ਨੂੰ 70,248 ਵੋਟਾਂ ਮਿਲੀਆਂ ਸਨ ਅਤੇ ਉਹ 7,942 ਵੋਟਾਂ ਦੇ ਫਰਕ ਨਾਲ ਜੇਤੂ ਰਹੇ ਸਨ। 2022 ਤੋਂ 2023 ਤੱਕ ਡਾ. ਚੰਨੀ ਵਿਧਾਨ ਸਭਾ ਦੀ ਜਨਤਕ ਲੇਖਾ ਕਮੇਟੀ ਅਤੇ ਵਿਸ਼ੇਸ਼ ਅਧਿਕਾਰ ਕਮੇਟੀ ਦੇ ਮੈਂਬਰ ਵੀ ਰਹੇ। 2027 ਦੀਆਂ ਚੋਣਾਂ ਤੋਂ ਪਹਿਲਾਂ ‘ਆਪ’ ਦੇ ਕਈ ਵਿਧਾਇਕਾਂ ਦੇ ਪਾਰਟੀ ਛੱਡਣ ਤੋਂ ਬਾਅਦ ਡਾ. ਚੰਨੀ ਦਾ ਅਕਾਲੀ ਦਲ ਵਿੱਚ ਸ਼ਾਮਲ ਹੋਣਾ ਪੰਜਾਬ ਦੀ ਸਿਆਸਤ ਵਿੱਚ ਇੱਕ ਹੋਰ ਵੱਡੇ ਸਿਆਸੀ ਬਦਲਾਅ ਵਜੋਂ ਦੇਖਿਆ ਜਾ ਰਿਹਾ ਹੈ।