ਮੋਹਾਲੀ ਅਦਾਲਤ ’ਚ ਹੋਈ ਬਿਕਰਮ ਮਜੀਠੀਆ ਦੀ ਪੇਸ਼ੀ/ ਅਦਾਲਤ ਨੇ ਮੁੜ 4 ਦਿਨਾਂ ਦੇ ਰਿਮਾਂਡ ’ਤੇ ਭੇਜਿਆ/ ਦੋਵੇਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਸੁਣਾਇਆ ਫੈਸਲਾ

0
3

ਸਾਬਕਾ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਅੱਜ ਮੋਹਾਲੀ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ ਜਿੱਥੇ ਅਦਾਲਤ ਨੇ ਉਸ ਦੀ ਵਿਜੀਲੈਂਸ ਹਿਰਾਸਤ ਵਿੱਚ ਚਾਰ ਦਿਨ ਹੋਰ ਵਾਧਾ ਕਰ ਦਿੱਤਾ ਐ। ਵਿਜੀਲੈਂਸ ਵੱਲੋਂ ਆਮਦਨ ਤੋਂ ਵੱਧ ਜਾਇਦਾਦ (ਡੀਏ) ਮਾਮਲੇ ਵਿੱਚ ਗ੍ਰਿਫ਼ਤਾਰ ਬਿਕਰਮ ਮਜੀਠੀਆ ਨੂੰ ਅੱਜ ਸੱਤ ਦਿਨਾਂ ਦਾ ਰਿਮਾਂਡ ਖਤਮ ਹੋਣ ਬਾਅਦ ਵਿਜੀਲੈਂਸ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਤਿੰਨ ਘੰਟੇ ਦੀ ਸੁਣਵਾਈ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਸਰਕਾਰੀ ਵਕੀਲ ਫੈਰੀ ਸੋਫਤ ਨੇ ਕਿਹਾ ਕਿ ਵਿਜੀਲੈਂਸ ਬਿਊਰੋ ਵੱਲੋਂ ਅਰਜ਼ੀ ਦਾਇਰ ਕਰਨ ਤੋਂ ਬਾਅਦ ਅਦਾਲਤ ਨੇ ਮਜੀਠੀਆ ਦੀ ਹਿਰਾਸਤ ਵਿੱਚ ਚਾਰ ਦਿਨ ਹੋਰ ਵਾਧਾ ਕਰ ਦਿੱਤਾ ਹੈ। ਦੱਸ ਦਈਏ ਕਿ ਵਿਜੀਲੈਂਸ ਬਿਊਰੋ ਨੇ 25 ਜੂਨ ਨੂੰ ਐਫਆਈਆਰ ਦਰਜ ਕੀਤੀ ਸੀ ਅਤੇ 540 ਕਰੋੜ ਰੁਪਏ ਦੇ ਕਥਿਤ ‘ਡਰੱਗ ਮਨੀ’ ਲਾਂਡਰਿੰਗ ਮਾਮਲੇ ਦੇ ਸਬੰਧ ਵਿੱਚ ਮਜੀਠੀਆ ਨੂੰ ਗ੍ਰਿਫ਼ਤਾਰ ਕੀਤਾ ਸੀ। ਉਨ੍ਹਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ, ਅਦਾਲਤ ਨੇ 26 ਜੂਨ ਨੂੰ ਮਜੀਠੀਆ ਨੂੰ ਸੱਤ ਦਿਨਾਂ ਦੀ ਵਿਜੀਲੈਂਸ ਹਿਰਾਸਤ ਵਿੱਚ ਭੇਜ ਦਿੱਤਾ ਸੀ। ਮਜੀਠੀਆ ਵਿਰੁੱਧ ਦਰਜ ਤਾਜ਼ਾ ਐਫਆਈਆਰ ਵਿੱਚ, ਵਿਜੀਲੈਂਸ ਬਿਊਰੋ ਨੇ ਦਾਅਵਾ ਕੀਤਾ ਹੈ ਕਿ ਮੁੱਢਲੀ ਜਾਂਚ ਵਿੱਚ ਕਈ ਤਰੀਕਿਆਂ ਨਾਲ 540 ਕਰੋੜ ਰੁਪਏ ਤੋਂ ਵੱਧ ਦੇ ‘ਡਰੱਗ ਮਨੀ’ ਦੀ ਲਾਂਡਰਿੰਗ ਦਾ ਖੁਲਾਸਾ ਹੋਇਆ ਹੈ ਅਤੇ ਮਜੀਠੀਆ ਨੇ ਕਥਿਤ ਤੌਰ ‘ਤੇ ਇਸ ਵਿੱਚ ਮਦਦ ਕੀਤੀ ਸੀ। ਮਜੀਠੀਆ ਵਿਰੁੱਧ ਇਹ ਐਫਆਈਆਰ 2021 ਵਿੱਚ ਇੱਕ ਡਰੱਗ ਮਾਮਲੇ ਵਿੱਚ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਦੁਆਰਾ ਕੀਤੀ ਜਾ ਰਹੀ ਜਾਂਚ ‘ਤੇ ਅਧਾਰਤ ਹੈ। ਸਾਲ 2021 ਵਿੱਚ, ਮਜੀਠੀਆ ਵਿਰੁੱਧ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ (ਐਨਡੀਪੀਐਸ) ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਇਹ ਕਾਰਵਾਈ ਐਂਟੀ-ਨਾਰਕੋਟਿਕਸ ਸਪੈਸ਼ਲ ਟਾਸਕ ਫੋਰਸ ਦੀ 2018 ਦੀ ਰਿਪੋਰਟ ਦੇ ਆਧਾਰ ‘ਤੇ ਕੀਤੀ ਗਈ ਸੀ। ਇਸ ਤੋਂ ਪਹਿਲਾਂ ਵੀ ਮਜੀਠੀਆ  ਪੰਜ ਮਹੀਨੇ ਤੋਂ ਵੱਧ ਸਮਾਂ ਪਟਿਆਲਾ ਜੇਲ੍ਹ ਵਿੱਚ ਬਿਤਾ ਚੁੱਕੇ ਨੇ ਅਤੇ ਉਹ ਅਗਸਤ 2022 ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਜ਼ਮਾਨਤ ਮਿਲਣ ਤੋਂ ਬਾਅਦ ਜੇਲ੍ਹ ਤੋਂ ਬਾਹਰ ਆਏ ਸਨ। ਹੁਣ ਵਿਜੀਲੈਂਸ ਵੱਲੋਂ ਮੁੜ ਹਿਰਾਸਤ ਵਿਚ ਲੈਣ ਤੋਂ ਬਾਦ ਉਨ੍ਹਾਂ ਦੇ ਜੇਲ੍ਹ ਜਾਣ ਦੇ ਆਸਾਰ ਬਣਦੇ ਦਿਖਾਈ ਦੇ ਰਹੇ ਨੇ। ਹੁਣ ਵਿਜੀਲੈਂਸ ਵੱਲੋਂ 4 ਦਿਨਾਂ ਬਾਅਦ ਮੁੜ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ, ਜਿਸ ਤੋਂ ਬਾਅਦ ਉਨ੍ਹਾਂ ਦੇ ਜੇਲ੍ਹ ਜਾਣ ਜਾਂ ਹੋਰ ਰਿਮਾਂਡ ਦੇ ਜਾਣ ਬਾਰੇ ਪਤਾ ਚੱਲ ਸਕੇਗਾ।

LEAVE A REPLY

Please enter your comment!
Please enter your name here