
ਗੁਰੂ ਕੇ ਬਾਗ ਮੋਰਚੇ ਦੀ ਵਰ੍ਹੇਗੰਢ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿ. ਕੁਲਦੀਪ ਸਿੰਘ ਗੜਗੱਜ ਨੇ ਗੁਰਦੁਆਰਾ ਮੰਜੀ ਸਾਹਿਬ ਦੇ ਦੀਵਾਨ ਹਾਲ ਵਿਖੇ ਕਥਾ-ਵਿਚਾਰ ਕਰਦਿਆਂ ਸੰਗਤ ਨੂੰ ਗੁਰੂ ਕੇ ਬਾਗ ਮੋਰਚੇ ਦੇ ਇਤਿਹਾਸ ਤੋਂ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਗੁਰੂ ਕੇ ਬਾਗ ਮੋਰਚੇ ਦੌਰਾਨ 12 ਸਿੰਘ ਸ਼ਹੀਦ ਹੋਏ ਸਨ ਜਦਕਿ 1500 ਤੋਂ ਵਧੇਰੇ ਸਿੰਘ ਜ਼ਖਮੀ ਹੋਏ ਅਤੇ 5600 ਸਿੰਘਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਇਸ ਮੌਕੇ ਉਨ੍ਹਾਂ ਨੇ ਮੋਰਚੇ ਦੇ ਸ਼ਹੀਦਾਂ ਨੂੰ ਸਿਜਦਾ ਕਰਦਿਆਂ ਸਮੁੱਚੀ ਕੌਮ ਨੂੰ ਪੰਥ ਦੇ ਵਡੇਰੇ ਕਾਰਜਾਂ ਲਈ ਇਕਜੁੱਟ ਹੋਣ ਦੀ ਅਪੀਲ ਕੀਤੀ।


