ਮੁੱਖ ਮੰਤਰੀ ਭਗਵੰਤ ਮਾਨ ਅੱਜ ਧੂਰੀ ਅਧੀਨ ਆਉਂਦੇ ਪਿੰਡ ਢਢੋਗਲ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਨੇ ਸ਼ਹੀਦ ਭਗਤ ਸਿੰਘ ਢਢੋਵਾਲ ਦੀ ਯਾਦ ਵਿਚ ਬਣੀ ਸ਼ਹੀਦੀ ਯਾਦਗਾਰ ‘ਤੇ ਜਾ ਕੇ ਸ਼ਰਧਾ ਦੇ ਫੁੱਲ ਭੇਂਟ ਕੀਤੇ। ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਮਹਾਨ ਸ਼ਹੀਦਾਂ ਦੇ ਨਕਸ਼ੇ ਕਦਮਾਂ ’ਤੇ ਚਲਦਿਆਂ ਸੂਬੇ ਦੇ ਵਿਕਾਸ ਦਾ ਵਿਕਾਸ ਕਰਦਿਆਂ ਆਰਥਿਕ ਤੌਰ ’ਤੇ ਕਮਜ਼ੋਰ ਅਤੇ ਦੱਬੇ-ਕੁਚਲੇ ਵਰਗਾਂ ਲਈ ਕਲਿਆਣਕਾਰੀ ਕਾਰਜਾਂ ਨੂੰ ਯਕੀਨੀ ਬਣਾ ਰਹੀ ਹੈ।ਮੁੱਖ ਮੰਤਰੀ ਨੇ ਕਿਹਾ ਕਿ ਇਸ ਪਵਿੱਤਰ ਧਰਤੀ ਨੂੰ ਮਹਾਨ ਗੁਰੂ ਸਾਹਿਬਾਨ, ਸੰਤਾਂ-ਮਹਾਪੁਰਸ਼ਾਂ, ਪੀਰਾਂ ਅਤੇ ਸ਼ਹੀਦਾਂ ਦੀ ਛੋਹ ਪ੍ਰਾਪਤ ਹੈ। ਪੰਜਾਬੀਆਂ ਵਿੱਚ ਸਖਤ ਮਿਹਨਤ ਕਰਨ ਦਾ ਅਮਿੱਟ ਜਜ਼ਬਾ ਹੈ ਜਿਸ ਕਰਕੇ ਉਨ੍ਹਾਂ ਨੇ ਹਰੇਕ ਖੇਤਰ ਵਿੱਚ ਮੁਕਾਮ ਹਾਸਲ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਮਾਜਿਕ ਰਿਸ਼ਤਿਆਂ ਦੀਆਂ ਤੰਦਾਂ ਏਨੀਆਂ ਮਜ਼ਬੂਤ ਹਨ ਕਿ ਇੱਥੋਂ ਦੀ ਜਰਖੇਜ਼ ਜ਼ਮੀਨ ’ਤੇ ਕੁਝ ਵੀ ਪੈਦਾ ਕੀਤਾ ਜਾ ਸਕਦਾ ਹੈ ਪਰ ਕਦੇ ਨਫ਼ਰਤ ਦਾ ਬੀਜ ਨਹੀਂ ਪੁੰਗਰ ਸਕਦਾ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਮਹਾਨ ਗੁਰੂਆਂ, ਸੰਤਾਂ ਅਤੇ ਪੈਗੰਬਰਾਂ ਦੀ ਪਵਿੱਤਰ ਧਰਤੀ ਹੈ ਜਿਨ੍ਹਾਂ ਨੇ ਸਾਨੂੰ ਆਪਸੀ ਪਿਆਰ ਅਤੇ ਸਹਿਣਸ਼ੀਲਤਾ ਦਾ ਰਸਤਾ ਦਿਖਾਇਆ ਹੈ। ਪੰਜਾਬੀਆਂ ਨੇ ਹਮੇਸ਼ਾ ਪਿਆਰ ਅਤੇ ਸਦਭਾਵਨਾ ਨੂੰ ਮਜ਼ਬੂਤ ਕਰਕੇ ਜ਼ੁਲਮ, ਬੇਇਨਸਾਫ਼ੀ ਅਤੇ ਜ਼ੁਲਮ ਦਾ ਵਿਰੋਧ ਕੀਤਾ, ਜਿਸ ਦੇ ਚਲਦਿਆਂ ਸੂਬਾ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਵੱਡੇ ਯਤਨ ਕਰ ਰਹੀ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਹਰੇਕ ਨਾਗਰਿਕ ਨੂੰ ਆਜ਼ਾਦੀ ਦਾ ਲਾਭ ਮਿਲ ਸਕੇ।
ਵਿਰੋਧੀ ਪਾਰਟੀਆਂ ਵੱਲ ਨਿਸ਼ਾਨਾ ਸੇਧਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਹ ਬਹੁਤ ਮੰਦਭਾਗਾ ਹੈ ਕਿ ਆਜ਼ਾਦੀ ਦੇ 75 ਸਾਲਾਂ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਅਦ ਵੀ ਆਜ਼ਾਦੀ ਦਾ ਫਾਇਦਾ ਹਰ ਘਰ ਤੱਕ ਨਹੀਂ ਪਹੁੰਚਿਆ। ਹੁਣ ਤਕ ਸੱਤਾ ਵਿੱਚ ਬੈਠੇ ਲੋਕਾਂ ਨੇ ਚਿੱਟੇ ਵਰਗੇ ਨਸ਼ੇ ਫੈਲਾਉਣ, ਲੋਕਾਂ ਨੂੰ ਲੁੱਟ ਕੇ ਦੌਲਤ ਇਕੱਠੀ ਕਰਨ, ਭ੍ਰਿਸ਼ਟਾਚਾਰੀ ਗਤੀਵਿਧੀਆਂ ਨੂੰ ਹੱਲਾਸ਼ੇਰੀ ਦੇਣ ਵਰਗੀਆਂ ਅਲਾਮਤਾਂ ਲਈ ਆਜ਼ਾਦੀ ਦੀ ਦੁਰਵਰਤੋਂ ਕੀਤੀ ਹੈ, ਜਿਸ ਦੇ ਚਲਦਿਆਂ ਸ਼ਹੀਦਾਂ ਦੇ ਸੁਪਨੇ ਅਜੇ ਵੀ ਸਾਕਾਰ ਨਹੀਂ ਹੋਏ ਹਨ।
ਪੰਜਾਬੀਆਂ ਦੇ ਦੇਸ਼ ਆਜ਼ਾਦੀ ਵਿਚ ਪਾਏ ਯੋਗਦਾਨ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਸਾਨੂੰ ਸੱਤਾ ਵਿੱਚ ਬੈਠੇ ਲੋਕਾਂ ਤੋਂ ਦੇਸ਼ ਭਗਤੀ ਦੀ ਐਨ.ਓ.ਸੀ. ਲੈਣ ਦੀ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਮਹਾਨ ਦੇਸ਼ ਭਗਤਾਂ ਅਤੇ ਕੌਮੀ ਆਗੂਆਂ ਪ੍ਰਤੀ ਇਸ ਤਰ੍ਹਾਂ ਦਾ ਨਿਰਾਦਰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਪਿਛਲੀਆਂ ਸਰਕਾਰਾਂ ਦੇ ਹੱਲਾ ਬੋਲਦਿਆਂ ਉਨ੍ਹਾਂ ਕਿਹ ਕਿ ਹੁਣ ਤਕ ਦੀਆਂ ਸਰਕਾਰਾਂ ਨੇ ਕਦੇ ਵੀ ਲੋਕਾਂ ਦੀ ਪ੍ਰਵਾਹ ਨਹੀਂ ਕੀਤੀ ਅਤੇ ਸਿਸਟਮ ਨੂੰ ਤਬਾਹ ਕਰ ਦਿੱਤਾ ਸੀ ਜਿਸ ਕਾਰਨ ਨਿਰਾਸ਼ ਹੋਏ ਨੌਜਵਾਨਾਂ ਨੂੰ ਵਿਦੇਸ਼ ਦਾ ਰੁੱਖ ਕਰਨਾ ਪੈ ਰਿਹਾ ਸੀ ਪਰ ਹੁਣ ਹੋਲੀ ਹੋਲੀ ਸਮਾਂ ਬਦਲ ਰਿਹਾ ਐ ਅਤੇ ਤੇ ਵੱਡੀ ਗਿਣਤੀ ਲੋਕ ਇੱਥੇ ਰਹਿ ਕੇ ਕੰਮ ਕਰਨ ਨੂੰ ਤਰਜੀਹ ਦੇਣ ਲੱਗੇ ਨੇ।
ਮੁੱਖ ਮੰਤਰੀ ਨੇ ਦੁਹਰਾਇਆ ਕਿ ਸੂਬਾ ਸਰਕਾਰ ਨਸ਼ਿਆਂ ਦੀ ਲਾਹਨਤ ਰਾਹੀਂ ਨੌਜਵਾਨਾਂ ਦੀ ਨਸਲਕੁਸ਼ੀ ਲਈ ਜ਼ਿੰਮੇਵਾਰ ‘ਜਰਨੈਲਾਂ’ ਪ੍ਰਤੀ ਕੋਈ ਨਰਮੀ ਨਹੀਂ ਵਰਤੇਗੀ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਵਪਾਰ ਨੂੰ ਸਰਪ੍ਰਸਤੀ ਦੇਣ ਵਾਲੇ ਜਰਨੈਲਾਂ ਨੂੰ ਪਹਿਲਾਂ ਹੀ ਸਲਾਖਾਂ ਪਿੱਛੇ ਡੱਕ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਵੀ ਸੁਣਨ ‘ਚ ਆਇਆ ਹੈ ਕਿ ਇਨ੍ਹਾਂ ਆਗੂਆਂ ਨੇ ਨਾ ਸਿਰਫ਼ ਸੂਬੇ ਭਰ ਵਿੱਚ ਨਸ਼ਿਆਂ ਦੇ ਕਾਰੋਬਾਰ ਨੂੰ ਸਰਪ੍ਰਸਤੀ ਦਿੱਤੀ ਸਗੋਂ ਉਹ ਆਪਣੀਆਂ ਸਰਕਾਰੀ ਗੱਡੀਆਂ ਵਿੱਚ ਵੀ ਨਸ਼ੇ ਵੇਚਦੇ/ਸਪਲਾਈ ਕਰਦੇ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਹਿਲਾਂ ਕਿਸੇ ਨੇ ਵੀ ਇਨ੍ਹਾਂ ਰਸੂਖ਼ਵਾਨ ਆਗੂਆਂ ਨੂੰ ਗ੍ਰਿਫ਼ਤਾਰ ਕਰਨ ਦੀ ਹਿੰਮਤ ਨਹੀਂ ਕੀਤੀ,ਪਰ ਉਨ੍ਹਾਂ ਦੀ ਸਰਕਾਰ ਨੇ ਅਜਿਹਾ ਕਰ ਕੇ ਦਿਖਾਇਆ ਹੈ ਅਤੇ ਨੌਜਵਾਨਾਂ ਨੂੰ ਨਸ਼ੇ ਦੀ ਦਲ ਦਲ ਵਿਚ ਧੱਕਣ ਵਾਲਿਆਂ ਨੂੰ ਇਸ ਦਾ ਹਿਸਾਬ ਹਰ ਹਾਲਤ ਦੇਣਾ ਪਵੇਗਾ।